India News

ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ, ਕੇਂਦਰ ਨੇ ਸੂਬਾ ਸਰਕਾਰ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਕੇਂਦਰੀ ਗ੍ਰਹਿ ਸਕੱਤਰ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਲਈ ਜ਼ਿੰਮੇਵਾਰ ਸਾਰੇ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਸ ਮਹੀਨੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਆਉਣ ਤੋਂ ਬਾਅਦ ਕਾਰਵਾਈ ਵੀ ਹੋ ਸਕਦੀ ਹੈ।

ਦੱਸ ਦਈਏ ਕਿ ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਸਥਿਤ ਫਲਾਈਓਵਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ 15-20 ਮਿੰਟ ਤੱਕ ਫਸਿਆ ਰਿਹਾ। ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿੱਚ ਇੱਕ ਰੈਲੀ ਵਿੱਚ ਜਾਣ ਵਾਲੇ ਸੀ, ਜਿੱਥੇ ਉਨ੍ਹਾਂ ਨੇ ਚੋਣਾਂ ਦੇ ਮੱਦੇਨਜ਼ਰ 42,000 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣੇ ਸੀ, ਪਰ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰਨਾ ਪਿਆ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਦੇਣ ਬਾਰੇ ਸਰਕਾਰੀ ਮੀਡੀਆ ਅਦਾਰੇ ਪੀਆਈਬੀ ਨੇ ਜਾਣਕਾਰੀ ਦਿੱਤੀ ਸੀ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਕੌਮੀ ਸ਼ਹੀਦ ਸਮਾਰਕ ਤੋਂ 30 ਕਿਲੋਮੀਟਰ ਦੂਰ ਹੁਸੈਨੀਵਾਲਾ ਤੋਂ ਲੰਘ ਰਿਹਾ ਸੀ, ਜਿੱਥੇ ਕੁਝ ਪ੍ਰਦਰਸ਼ਨਕਾਰੀ ਫਲਾਈਓਵਰ ’ਤੇ ਧਰਨਾ ਦੇ ਰਹੇ ਸੀ ਤੇ ਉਨ੍ਹਾਂ ਫਲਾਈਓਵਰ ਨੂੰ ਜਾਮ ਕਰ ਦਿੱਤਾ।

ਸੁਰੱਖਿਆ ਕੁਤਾਹੀ ਲਈ ਫਿਰੋਜ਼ਪੁਰ ਐਸਐਸਪੀ ਜ਼ਿੰਮੇਵਾਰ

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਇੱਕ ਜਾਂਚ ਕਮੇਟੀ ਵੀ ਬਣਾਈ ਸੀ, ਜਿਸ ਨੇ ਪੂਰੇ ਮਾਮਲੇ ਲਈ ਫਿਰੋਜ਼ਪੁਰ ਦੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਐਸਸੀ ਪੈਨਲ ਨੇ ਕਿਹਾ ਸੀ ਕਿ ਫਿਰੋਜ਼ਪੁਰ ਦੇ ਐਸਐਸਪੀ ਲੋੜੀਂਦੀ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ।

ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਤੈਅ ਸੀ, ਫਿਰ ਵੀ ਐਸਐਸਪੀ ਨੂੰ ਦੋ ਘੰਟੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਉਸ ਰਸਤੇ ਤੋਂ ਲੰਘਣਾ ਹੈ।

Video