Global News

ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਦੀ ਹੋ ਸਕਦੀ ਗ੍ਰਿਫ਼ਤਾਰੀ

ਕੋਟਕਪੂਰਾ ਗੋਲੀ ਕਾਂਡ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।

ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ ਤੋਂ ਸਬੰਧਤ ਦੋਵਾਂ ਘਟਨਾਵਾਂ ਦੀ ਜਾਂਚ ਕੀਤੀ ਸੀ।

ਕੋਟਕਪੂਰਾ ਗੋਲੀਕਾਂਡ: ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਦੇ ਆਧਾਰ ‘ਤੇ 6 ਮਾਰਚ ਨੂੰ ਜੇਐਮਆਈਸੀ ਦੀ ਅਦਾਲਤ ਨੇ ਅਜੈਪਾਲ ਸਿੰਘ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸੀ, ਜਿਸ ਤੋਂ ਬਾਅਦ ਐਸਐਸਪੀ ਮਾਨ ਸਮੇਤ ਬਾਦਲ ਪਿਓ-ਪੁੱਤ ਨੇ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ।

ਇਸ ਤੋਂ ਪਹਿਲਾਂ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਨੇ ਗੋਲੀਬਾਰੀ ਮਾਮਲੇ ਦੀ ਚਾਰਜਸ਼ੀਟ ਦਿਖਾਉਣ ਲਈ ਸੁਖਬੀਰ ਸਿੰਘ ਬਾਦਲ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ। ਜ਼ਮਾਨਤ ਦੀ ਅਪੀਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚਾਰਜਸ਼ੀਟ ਦੀ ਕਾਪੀ ਦਿਖਾਉਣ ਦੀ ਬੇਨਤੀ ਕੀਤੀ ਸੀ ਪਰ ਐਸਆਈਟੀ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।

Video