ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸੀਐਮ ਮਾਨ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਇਹ ਸਭ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਟਿੱਪਣੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਬਿਨਾਂ ਦੇਰੀ ਤੇ ਬਿਨਾਂ ਸ਼ਰਤ ਤੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲੈਣ। ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਇਸ ਦਾ ਹਸ਼ਰ ਉਹ ਹੀ ਹੋਵੇਗਾ, ਜੋ ਸਿੱਖ ਇਤਿਹਾਸ ’ਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਤੇ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਮੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ।
ਸੀਐਮ ਭਗਵੰਤ ਮਾਨ ਨੇ ਕੀ ਕਿਹਾ?- ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’