ਵਿਦੇਸ਼ਾਂ ਵਿੱਚ ਬੈਠੇ ਗੈਂਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਸੰਘੀ ਜਾਂਚ ਬਿਊਰੋ (ਐਫਬੀਆਈ) ਦੀ ਮਦਦ ਨਾਲ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ ‘ਬਾਕਸਰ’ ਨੂੰ ਮੈਕਸੀਕੋ ਵਿੱਚ ਗ੍ਰਿਫਤਾਰ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਦੀਪਕ ਪਿਛਲੇ ਸਾਲ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿੱਚ ਗੈਂਗਸਟਰ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ।
ਪੁਲਿਸ ਸੂਤਰਾਂ ਮੁਤਾਬਕ ਉਹ ਬਿਲਡਰ ਅਮਿਤ ਗੁਪਤਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਦੀ ਪਿਛਲੇ ਸਾਲ 23 ਅਗਸਤ ਨੂੰ ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੀਪਕ ‘ਬਾਕਸਰ’ ਖਿਲਾਫ ਹੋਰ ਵੀ ਕਈ ਮਾਮਲੇ ਦਰਜ ਹਨ।
ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਹੀ ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਇਨ੍ਹਾਂ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਰਣਨੀਤੀ ਉਲੀਕੀ ਜਾ ਰਹੀ ਹੈ। ਇਨ੍ਹਾਂ ਗੈਂਗਸਟਰਾਂ ਵਿਚ ਗੋਲਡੀ ਬਰਾੜ, ਅਨਮੋਲ ਬਿਸ਼ਨੋਈ, ਕੁਲਦੀਪ ਸਿੰਘ ਯੂਏਈ, ਜਗਜੀਤ ਸਿੰਘ ਮਲੇਸ਼ੀਆ, ਧਰਮ ਅਮਰੀਕਾ, ਰੋਹਿਤ ਗੋਦਾਰਾ ਆਦਿ ਦੇ ਨਾਮ ਸ਼ਾਮਲ ਹਨ।