ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਾਰਸ਼ ਦੀ ਮਾਰ ਹੇਠ ਆਈਆਂ ਫਸਲਾਂ ਲਈ ਸਮਾਂਬੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਬਹੁਤ ਘੱਟ ਹੈ ਕਿਉਂਕਿ ਨੁਕਸਾਨ ਬਹੁਤ ਜ਼ਿਆਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਮੁਆਵਜ਼ਾ ਘੱਟੋ-ਘੱਟ 30,000 ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਦੱਸਦੀਆਂ ਹਨ ਕਿ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ 15 ਦਿਨਾਂ ਵਿਚ ਸੂਬੇ ’ਚ 20 ਲੱਖ ਹੈਕਟੇਅਰ ਕਣਕ ਦੀ ਫ਼ਸਲ ਤਬਾਹ ਹੋਈ ਹੈ ਤੇ ਸਬੰਧਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ‘ਦਿੱਲੀ ਮਾਡਲ’ ਅਨੁਸਾਰ ਫ਼ਸਲ ਦੇ ਖਰਾਬੇ ’ਤੇ ਮੁਆਵਜ਼ਾ ਤੁਰਤ ਦਿੱਤਾ ਜਾਵੇਗਾ। ‘ਆਪ’ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ।