ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਦੀਆਂ ਖਬਰਾਂ ਵਿਚਾਲੇ ਹੁਣ ਪੰਜਾਬ ਪੁਲਿਸ ਚੁੱਪੀ ਤੋੜੀ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।
ਇੱਕ ਮੀਡੀਆ ਰਿਪੋਰਟ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਹ ਝੂਠੀ ਖ਼ਬਰ ਅਤੇ ਗਲਤ ਖ਼ਬਰ ਹੈ। ਕੋਈ ਵੀ ਖਬਰ ਸਾਂਝੀ ਕਰਨ ਤੋਂ ਪਹਿਲਾਂ ਉਸ ਦੇ ਤੱਥਾਂ ਦੀ ਜਾਂਚ ਕਰੋ ਅਤੇ ਅਫਵਾਹਾਂ ਅਤੇ ਝੂਠੀਆਂ ਖਬਰਾਂ ਨਾ ਫੈਲਾਓ।
ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਮੈਸਿਜ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਇੱਥੋਂ ਤੱਕ ਕਿ ਮੁਖੀਆਂ ਨੂੰ 14 ਅਪ੍ਰੈਲ, 2023 ਤੱਕ ਕਿਸੇ ਵੀ ਕਿਸਮ ਦੀ ਨਵੀਂ ਛੁੱਟੀ ਮਨਜ਼ੂਰ ਨਾ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਹਰ ਕਿਸਮ ਦੀਆਂ ਛੁੱਟੀਆਂ ਤੁਰੰਤ ਰੱਦ ਕਰਨ ਲਈ ਆਖਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦਾ ਇਹ ਕਦਮ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਦੇ ਮੱਦਨਜ਼ਰ ਚੁੱਕਿਆ ਮੰਨਿਆ ਜਾ ਰਿਹਾ ਹੈ।
ਇਸ ਸਖਤੀ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅੱਜ ਸੱਦੀ ਮੀਟਿੰਗ ਨੂੰ ਵੀ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ‘ਵਾਰਿਸ਼ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ।
ਹਾਲਾਂਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 15 ਅਪ੍ਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖ਼ਤਮ ਹੋ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਚਰਚਾ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅੱਜ 7 ਅਪ੍ਰੈਲ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।