India News

ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਫਿਟਕਾਰ ਮਗਰੋਂ ਸ਼੍ਰੋਮਣੀ ਕਮੇਟੀ ਹੋਈ ਐਕਟਿਵ, ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਲਈ ਆਸਾਮ ਪਹੁੰਚਿਆ ਵਫਦ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰੇਗਾ।

ਯਾਦ ਰਹੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿ ਗ੍ਰਿਫਤਾਰ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾਏ ਤੇ ਸਿੱਖਾਂ ਦਾ ਅਕਸ ਵਿਗਾੜਨ ਵਾਲੇ ਮੀਡੀਆ ਚੈਨਲਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏ। ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਵਿਖਾਈ ਸੁਸਤੀ ਤੋਂ ਜਥੇਦਾਰ ਖਫਾ ਨਜ਼ਰ ਆਏ ਸੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਕੌਮੀ ਸੁਰੱਖਿਆ ਐਕਟ (ਐਨਐਸਏ) ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰਾਂ ਦਾ ਵਫ਼ਦ ਉੱਥੇ ਪੁੱਜ ਗਿਆ ਹੈ। ਇਹ ਵਫਦ 10 ਅਪਰੈਲ ਤੋਂ ਇਸ ਮਾਮਲੇ ਵਿੱਚ ਕਾਨੂੰਨੀ ਚਾਰਾਜੋਈ ਸ਼ੁਰੂ ਕਰੇਗਾ। ਇਸ ਵਫਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕਰ ਰਹੇ ਹਨ ਜਿਨ੍ਹਾਂ ਨੂੰ ਐਡਵੋਕੇਟ ਮਨਦੀਪ ਸਿੰਘ ਸਿੱਧੂ ਤੇ ਐਡਵੋਕੇਟ ਰੋਹਿਤ ਸ਼ਰਮਾ ਸਹਿਯੋਗ ਦੇਣਗੇ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕਾਨੂੰਨੀ ਮਾਹਿਰਾਂ ਦਾ ਇਹ ਵਫ਼ਦ ਅੱਜ ਇਸ ਸਬੰਧ ਵਿੱਚ ਕਾਨੂੰਨੀ ਚਾਰਾਜੋਈ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਗਿਆ ਸੀ ਕਿ ਹਾਲ ਹੀ ਵਿੱਚ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕੀਤੀ ਜਾਵੇ। ਇਸ ਐਕਟ ਤਹਿਤ ਸੱਤ ਸਿੱਖ ਨੌਜਵਾਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

Video