India News

ਅਤੀਕ-ਅਸ਼ਰਫ ਦੇ ਕਤਲ ਤੋਂ ਬਾਅਦ ਪੂਰੇ ਯੂਪੀ ਵਿੱਚ ਧਾਰਾ 144 ਲਾਗੂ, ਸੀਐਮ ਯੋਗੀ ਨੇ ਡੀਜੀਪੀ ਨੂੰ ਪ੍ਰਯਾਗਰਾਜ ਭੇਜਿਆ

ਯੂਪੀ ਦੇ ਮਾਫੀਆ ਬਾਹੂਬਲੀ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਦੇ ਕਤਲ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ।

ਸ਼ਨੀਵਾਰ ਸ਼ਾਮ ਨੂੰ ਵਾਪਰੀ ਦੋਹਰੇ ਹੱਤਿਆਕਾਂਡ ਦੀ ਇਸ ਘਟਨਾ ਤੋਂ ਬਾਅਦ ਜਿੱਥੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸਮੇਤ ਪੂਰੇ ਸੂਬੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਵਾਧੂ ਸੁਰੱਖਿਆ ਬਲ ਵੀ ਤਾਇਨਾਤ ਕਰ ਦਿੱਤੇ ਗਏ ਹਨ। ਇਸ ਦੌਰਾਨ ਦੋਹਰੇ ਕਤਲ ਦੀ ਇਸ ਘਟਨਾ ਤੋਂ ਬਾਅਦ 17 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਸੀਐਮ ਯੋਗੀ ਆਦਿਤਿਆਨਾਥ ਨੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਡੀਜੀਪੀ ਨੂੰ ਤੁਰੰਤ ਪ੍ਰਯਾਗਰਾਜ ਜਾਣ ਦੇ ਆਦੇਸ਼ ਦਿੱਤੇ ਹਨ, ਇਸ ਤੋਂ ਇਲਾਵਾ ਪ੍ਰਯਾਗਰਾਜ ਦੇ ਕਈ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਅਤੀਕ-ਅਸ਼ਰਫ ਕਤਲ ਕਾਂਡ ਤੋਂ ਬਾਅਦ ਪੁਲਿਸ ਨੇ ਪ੍ਰਯਾਗਰਾਜ ‘ਚ ਹਾਈ ਅਲਰਟ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ, ਜਦਕਿ ਹਰ ਚੌਕ ਚੌਰਾਹੇ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਪ੍ਰਯਾਗਰਾਜ ‘ਚ ਸੁਰੱਖਿਆ ਪ੍ਰਬੰਧਾਂ ‘ਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ ਅਤੇ ਸ਼ਾਂਤੀ ਬਣਾਈ ਰੱਖਣ ਲਈ ਫਤਿਹਪੁਰ, ਕੌਸ਼ਾਂਬੀ, ਪ੍ਰਤਾਪਗੜ੍ਹ, ਬਾਂਦਾ, ਚਿਤਰਕੂਟ ਤੋਂ ਵੱਡੀ ਗਿਣਤੀ ‘ਚ ਪੁਲਿਸ ਬਲ ਪ੍ਰਯਾਗਰਾਜ ਭੇਜੇ ਗਏ ਹਨ।

ਪੁਲਿਸ ਹਿਰਾਸਤ ‘ਚ ਅਤੀਕ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਪੂਰੇ ਪ੍ਰਯਾਗਰਾਜ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਟੀਮ ਬਣਾਈ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Video