ਜਲੰਧਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸਤ ਪੱਖੀ ਹੋਈ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅਜਿਹੇ ‘ਚ ਜਲੰਧਰ ਦੀ ਆਗਾਮੀ ਲੋਕ ਸਭਾ ਜ਼ਿਮਨੀ ਚੋਣ 2023 ਲਈ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਸਚਿਨ ਪਾਇਲਟ, ਮਨੀਸ਼ ਤਿਵਾੜੀ ਸਣੇ ਕਾਂਗਰਸ ਪਾਰਟੀ ਦੇ ਹੋਰ ਵੱਡੇ ਦਿੱਗਜ ਵੀ ਸ਼ਾਮਲ ਹਨ।
ਹਾਲ ਹੀ ਵਿੱਚ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023 ਲਈ ਪੰਜਾਬ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਦੇ ਨਾਲ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।
ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਲੰਧਰ ਦੀਆਂ ਜਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 ਹੈ।