Global News India News

ਪੀਐਮ ਮੋਦੀ ਵੱਲੋਂ ਲੁਧਿਆਣਾ ਗੈਸ ਲੀਕ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੁਧਿਆਣਾ ਗੈਸ ਲੀਕ ਘਟਨਾ ‘ਤੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਤੇ ਹਸਪਤਾਲ ‘ਚ ਦਾਖਲ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਆਫਿਸ ਨੇ ਪੰਜਾਬੀ ਵਿੱਚ ਟਵੀਟ ਕਰਕੇ ਲੁਧਿਆਣਾ ਗੈਸ ਪੀੜਤਾਂ ਸਬੰਧੀ ਦੁੱਖ ਜ਼ਾਹਿਰ ਕੀਤਾ। ਪੀਐਮਓ ਵੱਲੋਂ ਲਿਖਿਆ ਗਿਆ ਕਿ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।

ਗੌਰਤਲਬ ਹੈ ਕਿ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਸੰਘਣੀ ਆਬਾਦੀ ਵਾਲੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ ਤਿੰਨ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਚਾਰ ਹੋਰ ਬਿਮਾਰ ਹੋ ਗਏ ਸਨ। ਪੰਜਾਬ ਦੇ ਲੁਧਿਆਣਾ ਵਿੱਚ ਗਿਆਸਪੁਰਾ ਖੇਤਰ ਦੇ ਇੱਕ ਹਿੱਸੇ ਨੂੰ ਸੋਮਵਾਰ ਨੂੰ ਘੇਰ ਲਿਆ ਗਿਆ, ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ਵਿੱਚ ਲੀਕੇਜ ਨੂੰ ਘੱਟ ਕਰਨ ਦੀ ਪ੍ਰਕਿਰਿਆ ਰਾਤ ਭਰ ਜਾਰੀ ਰਹੀ। ਅਧਿਕਾਰੀਆਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਨੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਸੀਵਰ ਵਿੱਚ ਹਾਈਡ੍ਰੋਜਨ ਸਲਫਾਈਡ ਕਿਵੇਂ ਬਣ ਗਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਹੁਣ ਹਵਾ ਵਿੱਚ ਜ਼ਹਿਰੀਲੀ ਗੈਸ ਦਾ ਪ੍ਰਕੋਪ ਨਹੀਂ ਹੈ।

Video