ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਪਾਕਿ ਫ਼ੌਜ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਉਹ ਇਸਲਾਮਾਬਾਦ ‘ਚ ਪੇਸ਼ੀ ਲਈ ਅਦਾਲਤ ‘ਚ ਪੇਸ਼ ਹੋਏ। ਇਸਲਾਮਾਬਾਦ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਡਾਨ ਦੀ ਰਿਪੋਰਟ ਮੁਤਾਬਕ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤੇ ਜਾਣ ਤੋਂ ਇਕ ਦਿਨ ਬਾਅਦ ਬੁੱਧਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਤੋਸ਼ਾਖਾਨਾ ਵਿਵਾਦ ਉਦੋਂ ਸਾਹਮਣੇ ਆਇਆ ਸੀ ਜਦੋਂ ਅਗਸਤ 2022 ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੀ ਅਗਵਾਈ ਵਾਲੀ ਗਠਜੋੜ ਸਰਕਾਰ ਨੇ ਇਮਰਾਨ ਖ਼ਿਲਾਫ਼ ਕੇਸ ਦਾਇਰ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਉਸ ਨੇ ਤੋਸ਼ਾਖਾਨੇ ਨੂੰ ਦਿੱਤੇ ਤੋਹਫ਼ੇ ਸਵੀਕਾਰ ਨਹੀਂ ਕੀਤੇ ਸਨ। ਉਸਨੇ ਕੁਝ ਤੋਹਫ਼ਿਆਂ ਦੀ “ਗੈਰ-ਕਾਨੂੰਨੀ” ਵਿਕਰੀ ਤੋਂ ਹੋਣ ਵਾਲੀ ਆਮਦਨ ਅਤੇ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹੰਗਾਮਾ ਮਚ ਗਿਆ। ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਸੜਕਾਂ ‘ਤੇ ਉਤਰ ਆਏ ਹਨ। ਦੇਸ਼ ਭਰ ਵਿੱਚ ਹਿੰਸਾ ਦੀਆਂ ਘਟਨਾਵਾਂ ਭੜਕ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਫੌਜ ਦੇ ਕੋਰ ਕਮਾਂਡਰ ਦੇ ਘਰ ਦੀ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।