ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਹੁਣ ਇਸ ਕੌਮ ਦਾ ਰੱਬ ਹੀ ਰਾਖਾ ਹੈ।
ਇੰਟਰਨੈੱਟ ਮੀਡੀਆ ‘ਤੇ ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਜਥੇਦਾਰ ਵਰਗੇ ਉੱਚ ਅਹੁਦੇ ‘ਤੇ ਕਾਬਜ਼ ਗਿਆਨੀ ਹਰਪ੍ਰੀਤ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ‘ਆਪ’ ਦੇ ਸਮਾਗਮ ‘ਚ ਸ਼ਾਮਲ ਹੋਣਾ ਠੀਕ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ ‘ਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ।
ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਿੱਥੇ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ- ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਬਹੁਤ ਠੇਸ ਪਹੁੰਚੀ ਜੇ। ਕੌਮ ਦਾ ਗੁਰੂ ਰਾਖਾ।

ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ ‘ਤੇ ਵਿਵਾਦ ਚੱਲਿਆ ਹੈ। ਕੁਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ ‘ਤੇ ਸਵਾਲ ਖੜ੍ਹੇ ਹੋ ਗਏ। ਸੂਤਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਸ਼ਨੀਵਾਰ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ‘ਚ ਹੀ ਸੰਪੰਨ ਹੋਈ।