ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲੜਕੀਆਂ ਦੀ ਇੱਜ਼ਤ ਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕੇ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਕੌਮ ਆਪਣੇ ਇਤਿਹਾਸ, ਰਵਾਇਤਾਂ ਤੇ ਪਰੰਪਰਾਵਾਂ ਦੀ ਤਰਜਮਾਨੀ ਕਰਦਿਆਂ ਇਨ੍ਹਾਂ ਸੰਘਰਸ਼ੀ ਖਿਡਾਰਨਾਂ ਦਾ ਸਮਰਥਨ ਕਰਦੀ ਹੈ ਅਤੇ ਇਕ ਵਫ਼ਦ ਦਿੱਲੀ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ। ਅੰਤਿ੍ਰੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਸਿੱਖਾਂ ਖ਼ਿਲਾਫ਼ ਕਈ ਸੋਸ਼ਲ ਮੀਡੀਆ ਮੰਚ ਤੇ ਖਾਤੇ ਲਗਾਤਾਰ ਝੂਠਾ ਤੇ ਨਫ਼ਰਤੀ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ’ਤੇ ਸਰਕਾਰਾਂ ਸ਼ਿਕੰਜਾ ਨਹੀਂ ਕੱਸ ਰਹੀਆਂ। ਅਜਿਹੇ ਕਈ ਖਾਤਿਆਂ ਦੀ ਪਛਾਣ ਕਰ ਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਵੀ ਭੇਜੀਆਂ ਜਾ ਚੁੱਕੀਆਂ ਹਨ। ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਕੋਲ ਪੇਸ਼ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿਚ ਲੈ ਕੇ ਜਾਵਾਂਗੇ।
ਐਡਵੋਕੇਟ ਧਾਮੀ ਨੇ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਬੇਅਦਬੀ ਤੇ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਭੰਗ ਕਰਨ ਵਾਲੀਆਂ ਘਟਨਾਵਾਂ ’ਤੇ ਸਰਕਾਰ ਦੇ ਅਵੇਸਲੇਪਣ ਦੀ ਵੀ ਤਿੱਖੀ ਆਲੋਚਨਾ ਕੀਤੀ। ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਇਸ ’ਤੇ ਗਹਿਰੀ ਚਿੰਤਾ ਪ੍ਰਗਟਾਈ ਤੇ ਇਸ ਮਾਮਲੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਪਾਸ ਰੱਖਣ ਦਾ ਫ਼ੈਸਲਾ ਕੀਤਾ ਹੈ। ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ ਅਤੇ ਸਮੇਂ ਸਿਰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਘਰ ਅੰਦਰ ਪਹਿਰੇਦਾਰੀ ਯਕੀਨੀ ਬਣਾਈ ਜਾਵੇ।
ਇਸ ਦੇ ਨਾਲ ਹੀ ਐਡਵੇਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਅਤੇ ਗੁਰਦੁਆਰਾ ਤਪੋਅਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਣਾਚਲ ਪ੍ਰਦੇਸ਼ ਦੇ ਮਾਮਲਿਆਂ ਸਬੰਧੀ ਕਮੇਟੀਆਂ ਗਠਤ ਕੀਤੀਆਂ ਜਾ ਚੁੱਕੀਆਂ ਹਨ, ਜੋ ਜਲਦ ਹੀ ਸਬੰਧਤ ਸਰਕਾਰਾਂ ਨਾਲ ਗੱਲਬਾਤ ਲਈ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੋਵੇਂ ਮਾਮਲੇ ਬੋਧੀਆਂ ਨਾਲ ਸਬੰਧਤ ਹਨ, ਇਸ ਲਈ ਵਫ਼ਦ ਵੱਲੋਂ ਦਲਾਈਲਾਮਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 26 ਲੱਖ ਦੇ ਕਰੀਬ ਪ੍ਰੋਫਾਰਮੇ ਭਰੇ ਹਨ ਜੋ ਜਲਦ ਰਾਜਪਾਲ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਪਾਸੋਂ ਵੀ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ। ਐਡਵੋਕੇਟ ਧਾਮੀ ਅਨੁਸਾਰ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪਾਸ ਕਰ ਕੇ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਦਲ ਦੀਆਂ ਪੰਜਾਬ ਤੇ ਪੰਥ ਪ੍ਰਤੀ ਵੱਡੀਆਂ ਸੇਵਾਵਾਂ ਹਨ ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅਵਤਾਰ ਸਿੰਘ ਰਿਆ, ਭਾਈ ਗੁਰਚਰਨ ਸਿੰਘ ਗਰੇਵਾਲ, ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ, ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ ਆਦਿ ਹਾਜ਼ਰ ਸਨ।