ਪੰਜਾਬੀਆਂ ਇਸ ਵਾਰ ਕਣਕ ਉਤਪਾਦਨ ਦੇ ਰਿਕਰਾਡ ਤੋੜ ਦਿੱਤੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਇਸ ਵਾਰ ਕਣਕ ਦੀ ਪੈਦਾਵਾਰ ਪਿਛਲੇ ਸਾਲ ਨਾਲੋਂ 24 ਲੱਖ ਮੀਟ੍ਰਿਕ ਟਨ ਵੱਧ ਹੋਈ ਹੈ। ਇਹ ਕਣਕ ਦਾ ਉਹ ਅੰਕੜਾ ਹੈ ਜਿਸ ਦੀ ਮੰਡੀਆਂ ਵਿੱਚ ਖਰੀਦ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੂਬੇ ’ਚ ਕਣਕ ਦੀ ਖਰੀਦ ਦਾ ਸੀਜ਼ਨ ਸਮਾਪਤ ਕਰ ਦਿੱਤਾ ਹੈ।
ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 125.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦੋਂਕਿ ਪਿਛਲੇ ਸਾਲ 102 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖਰੀਦ ਕੀਤੀ ਗਈ ਸੀ। ਸੂਬਾ ਸਰਕਾਰ ਨੇ ਇਸ ਸਾਲ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਸੀ।
ਹਾਸਲ ਜਾਣਕਾਰੀ ਅਨੁਸਾਰ ਇਸ ਸਾਲ ਸੂਬੇ ਦੀਆਂ ਮੰਡੀਆਂ ’ਚ ਖਰੀਦ ਏਜੰਸੀਆਂ ਵੱਲੋਂ 125.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ’ਚੋਂ 121.07 ਲੱਖ ਮੀਟ੍ਰਿਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਨੇ ਖਰੀਦੀ ਹੈ ਜਦੋਂਕਿ 4.68 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਿੱਜੀ ਕੰਪਨੀਆਂ ਵੱਲੋਂ ਕੀਤੀ ਗਈ ਹੈ।
ਦੱਸ ਦਈਏ ਕਿ ਪਿਛਲੇ ਸਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਕੁੱਲ ਖਰੀਦ 96.29 ਲੱਖ ਮੀਟ੍ਰਿਕ ਟਨ ਕੀਤੀ ਗਈ ਸੀ, ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 90 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਖਰੀਦੀ ਸੀ। ਇਸ ਤੋਂ ਇਲਾਵਾ 6.36 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਿੱਜੀ ਕੰਪਨੀਆਂ ਵੱਲੋਂ ਕੀਤੀ ਗਈ ਸੀ।
ਪੰਜਾਬ ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਾਲ ਕਣਕ ਦੀ ਪੈਦਾਵਾਰ ਵੀ ਪਿਛਲੇ ਸਾਲ ਨਾਲੋਂ ਵੱਧ ਹੋਈ ਹੈ। ਇਸ ਵਾਰ 166 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਈ ਹੈ, ਜਦੋਂ ਕਿ ਪਿਛਲੇ ਸਾਲ 148 ਲੱਖ ਮੀਟ੍ਰਿਕ ਟਨ ਕਣਕ ਹੋਈ ਸੀ।