ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। CM Bhagwant Mann ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ 10 ਜੂਨ ਤੱਕ ਕੁੱਲ 6,000 ਏਕੜ ਸਰਕਾਰੀ ਜ਼ਮੀਨ ਤੋਂ ਕਬਜ਼ੇ ਖਾਲੀ ਕਰਵਾਉਣ ਦਾ ਟੀਚਾ ਰੱਖਿਆ ਹੈ। ਜਦਕਿ ਇਸ ਤੋਂ ਪਹਿਲਾਂ CM Bhagwant Mann ਨੇ ਪੰਜਾਬ ਦੇ ਪ੍ਰਭਾਵਸ਼ਾਲੀ ਲੋਕਾਂ ਨੂੰ 31 ਮਈ ਤੱਕ ਸਰਕਾਰੀ ਜ਼ਮੀਨ ਖਾਲੀ ਕਰਨ ਦੀ ਅਪੀਲ ਕੀਤੀ ਸੀ। ਇਸ ਮਗਰੋਂ ਉਨ੍ਹਾਂ ਪੁਲਿਸ-ਪ੍ਰਸ਼ਾਸਨ ਵੱਲੋਂ ਵਿਆਪਕ ਮੁਹਿੰਮ ਸ਼ੁਰੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ।
ਇਸ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਸੀ ਕਿ ਕੁੱਲ 6 ਹਜ਼ਾਰ ਏਕੜ ਸਰਕਾਰੀ ਜ਼ਮੀਨ ਖਾਲੀ ਕਰਨ ਲਈ ਵਾਰੰਟ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਇਸ ਕਾਰਵਾਈ ਵਿੱਚ ਕਿਸੇ ਕਿਸਮ ਦੀ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ। ਇਸ ਤੋਂ ਇਲਾਵਾ ਕਰੀਬ 20-25 ਹਜ਼ਾਰ ਏਕੜ ਸਰਕਾਰੀ ਜ਼ਮੀਨ ਹੈ ਪਰ ਇਸ ਸਬੰਧੀ ਕੇਸ ਵੱਖ-ਵੱਖ ਅਦਾਲਤਾਂ ਤੇ ਵਿਭਾਗੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।