ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸੁਰੱਖਿਆ ਨੂੰ ਲੈ ਕੇ ਅਲਰਟ, ਜਲੰਧਰ ਪੁਲਿਸ ਨੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਏ.ਡੀ.ਸੀ.ਪੀ ਸਿਟੀ 2 ਅਦਿੱਤਿਆ ਦੀ ਨਿਗਰਾਨੀ ਹੇਠ ਏ.ਸੀ.ਪੀ ਸੈਂਟਰਲ ਨਿਰਮਲ ਸਿੰਘ ਨੇ ਆਪਣੀ ਟੀਮ ਸਮੇਤ ਕਈ ਥਾਣਿਆਂ ਦੀ ਪੁਲਿਸ ਨੂੰ ਨਾਲ ਲੈ ਕੇ ਭੀੜ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ। .
ਇਹ ਫਲੈਗ ਮਾਰਚ ਸ਼੍ਰੀ ਰਾਮ ਚੌਕ (ਮਿਲਾਪ ਚੌਕ) ਤੋਂ ਪਟੇਲ ਚੌਕ ਤੱਕ ਕੱਢਿਆ ਗਿਆ। ਪੁਲੀਸ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਮਾਰਚ ਕੱਢਿਆ ਹੈ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ।
ਏਡੀਸੀਪੀ 2 ਅਦਿੱਤਿਆ ਨੇ ਕਿਹਾ ਕਿ ਜਲੰਧਰ ਪੁਲਿਸ ਸ਼ਰਾਰਤੀ ਅਨਸਰਾਂ ਨੂੰ ਫੜਨ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਰਵਾਈ ਕਰ ਰਹੀ ਹੈ।
ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਅਸੀਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਅਭਿਆਨ ਵੀ ਚਲਾਇਆ। ਇਸ ਮੁਹਿੰਮ ਦਾ ਮਕਸਦ ਸ਼ਰਾਰਤੀ ਅਨਸਰਾਂ ਨੂੰ ਕਾਬੂ ‘ਚ ਰੱਖਣਾ ਹੈ।
ਤਾਂ ਜੋ ਸ਼ਹਿਰ ਵਿੱਚ ਸ਼ਾਂਤੀ ਬਣੀ ਰਹੇ। ਪੁਲਿਸ ਨੇ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਝੂਠੀਆਂ ਖ਼ਬਰਾਂ ‘ਤੇ ਧਿਆਨ ਨਾ ਦੇਣ।
ਦੂਜੇ ਪਾਸੇ ਜੇਕਰ ਕੋਈ ਵਿਅਕਤੀ ਗਲਤ ਕੰਮ ਕਰਦਾ ਹੈ ਤਾਂ ਉਸ ਦੀ ਸੂਚਨਾ 112 ਅਤੇ ਪੁਲਿਸ ਨੂੰ ਦਿੱਤੀ ਜਾਵੇ। ਤਾਂ ਜੋ ਪੁਲਿਸ ਇਸ ਮਾਮਲੇ ‘ਤੇ ਬਣਦੀ ਕਾਰਵਾਈ ਕਰ ਸਕੇ।