ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਪਾਸਾ ਵੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਨਾਂਹ ਕਰ ਦਿੱਤੀ ਹੈ।
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ਵਿਚ ਉੱਠੇ ਇਸ ਵਿਵਾਦ ਨੂੰ ਹੁਣ ਵਿਸ਼ਰਾਮ ਲੱਗ ਸਕਦਾ ਹੈ। ਡੀ.ਆਈ.ਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਐਕਸ਼ਨ ਟੇਕਨ ਰਿਪੋਰਟ ਭੇਜ ਦਿੱਤੀ ਹੈ।
ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਹੁਣ ਜਿਨਸੀ ਸ਼ੋਸ਼ਣ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ। ਚੇਤੇ ਰਹੇ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 6 ਜੂਨ ਨੂੰ ਤੀਸਰਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ।