Global News India News

ਵਿਜੀਲੈਂਸ ਨੂੰ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਚੰਨੀ, ਮੁੜ ਤਲਬ: ਸੂਤਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਮੰਗਲਵਾਰ ਨੂੰ ਦੂਜੀ ਵਾਰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਕਰੀਬ 5 ਘੰਟੇ ਲਗਾਤਾਰ ਪੁੱਛਗਿੱਛ ਕੀਤੀ।

ਇਸ ਦੌਰਾਨ ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਹੁੰਦਿਆਂ ਅਤੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਬਾਰੇ ਸਵਾਲ ਜਵਾਬ ਕੀਤੇ ਗਏ।

ਸੂਤਰਾਂ ਮੁਤਾਬਕ ਵਿਜੀਲੈਂਸ ਚੰਨੀ ਨੂੰ ਮੁੜ ਪੁੱਛਗਿੱਛ ਲਈ ਬੁਲਾਏਗੀ। ਵਿਜੀਲੈਂਸ ਚੰਨੀ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ। ਸੂਤਰਾਂ ਅਨੁਸਾਰ ਚੰਨੀ ਵੱਲੋਂ ਕੱਲ੍ਹ ਪ੍ਰਾਪਰਟੀ ਨੂੰ ਲੈ ਕੇ ਦਿੱਤਾ ਗਿਆ ਪ੍ਰੋਫਾਰਮਾ ਅਧੂਰਾ ਸੀ, ਉਸ ਨੂੰ ਦੁਬਾਰਾ ਪੂਰੇ ਵੇਰਵੇ ਨਾਲ ਭਰਨ ਲਈ ਕਿਹਾ ਗਿਆ।

ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਨੇ ਚੰਨੀ ਨੂੰ ਆਪਣੇ ਆਮਦਨ ਸਰੋਤਾਂ ਅਤੇ ਜਾਇਦਾਦਾਂ ਬਾਰੇ ਜਿਹੜਾ ਪ੍ਰੋਫਾਰਮਾ ਭਰਨ ਲਈ ਦਿੱਤਾ ਸੀ, ਉਨ੍ਹਾਂ ਉਹ ਪ੍ਰੋਫਾਰਮਾ ਭਰ ਕੇ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ, ਹਾਲਾਂਕਿ ਇਹ ਅਧੂਰਾ ਦੱਸਿਆ ਜਾ ਰਿਹਾ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਵੱਲੋਂ ਆਪਣੇ ਆਮਦਨ ਸਰੋਤਾਂ ਅਤੇ ਸੰਪਤੀਆਂ ਦਾ ਵਿਸਥਾਰ ਵਿੱਚ ਬਿਓਰਾ ਦਿੱਤਾ ਗਿਆ ਹੈ।

ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਪਿਛੇ ਜਿਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਦੌਰਾਨ ਹਾਊਸ ਵਿੱਚ ਇਹ ਗੱਲ ਆਖੀ ਸੀ ਕਿ ਸੂਬੇ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫੜ ਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ।

Video