ਪੰਜਾਬ ਵਿੱਚ ਪਰਲ ਕੰਪਨੀ(ਪਰਲ ਸਕੈਮ) ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ ਤੇ ਹੁਣ ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਲੈਣ ਵਿੱਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ “ਪਰਲ” ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ.. ਕਾਨੂੰਨੀ ਕਾਰਵਾਈ ਪੂਰੀ ਕਰਕੇ ਜਲਦੀ ਹੀ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ.
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ-ਇੱਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।
ਕੀ ਹੈ ਪੂਰਾ ਮਾਮਲਾ
ਪੰਜਾਬ ‘ਚ ਕੁਝ ਸਾਲ ਪਹਿਲਾਂ ਪਰਲ ਕੰਪਨੀ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਪਰਲ ਸਕੈਮ ਵੀ ਕਿਹਾ ਜਾਂਦਾ ਹੈ। ਇਸ ’ਚ ਮੱਧ ਵਰਗ ਦੇ ਲੋਕਾਂ ਦਾ ਕਰੋੜਾਂ ਰੁਪਇਆ ਡੁੱਬ ਗਿਆ ਸੀ। ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਮਾਲਕ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜੋ ਹਾਲੇ ਵੀ ਜੇਲ੍ਹ ’ਚ ਹੈ ਪਰ ਲੋਕਾਂ ਦੇ ਪੈਸੇ ਅਜੇ ਤੱਕ ਵਾਪਸ ਨਹੀਂ ਕੀਤੇ। ਹਾਸਲ ਜਾਣਕਾਰੀ ਅਨੁਸਾਰ ਪਰਲ ਕੰਪਨੀ ਨੇ ਪੰਜਾਬ ਵਿੱਚ ਦਸ ਸਾਲਾਂ ਵਿੱਚ ਸਭ ਤੋਂ ਵੱਧ ਲੋਕਾਂ ਦੀ ਲੁੱਟ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਬਠਿੰਡਾ ਵਿੱਚ ਕੀਤੀ ਹੈ। ਕੰਪਨੀ ਨੇ ਮਾਲਵੇ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਮੋਟੀ ਰਿਟਰਨ ਦਾ ਲਾਲਚ ਦੇ ਕੇ 5 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ।