ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੋਣ ਵਾਲਾ ਹੈ। ਪੰਜਾਬ ਸਰਕਾਰ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਯਾਨੀ 28 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਉਨ੍ਹਾਂ ਦੀ ਦੇਖ-ਰੇਖ ਹੇਠ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਹਰਜੋਤ ਸਿੰਘ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।
ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਨਵੀਂ ਨੀਤੀ ਆਊਟਸੋਰਸਡ ਕਰਮਚਾਰੀਆਂ ਤੋਂ ਇਲਾਵਾ ਗੈਰ-ਕੁਆਲੀਫਾਈਡ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗੀ। ਲਾਭਪਾਤਰੀ ਕਰਮਚਾਰੀਆਂ ਦੀ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕੇਡਰ ਵਿੱਚ ਨਿਯੁਕਤੀ ਕੀਤੀ ਜਾਵੇਗੀ। ਕੇਡਰ ਦੀ ਪੋਸਟ ‘ਤੇ ਕਰਮਚਾਰੀਆਂ ਨੂੰ ਨਹੀਂ ਰੱਖਿਆ ਜਾਵੇਗਾ। ਸੇਵਾ ਨਿਯਮਾਂ ਅਨੁਸਾਰ ਕਰਮਚਾਰੀ ਰੈਗੂਲਰ ਕੇਡਰ ਦਾ ਹਿੱਸਾ ਨਹੀਂ ਹੋਣਗੇ।