ਰਾਜ ਦੇ 19 ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਕੇਂਦਰੀ ਟੀਮ ਪੰਜਾਬ ਆਵੇਗੀ। ਕੇਂਦਰੀ ਟੀਮ ਦੇ ਮੰਗਲਵਾਰ ਤੱਕ ਪੰਜਾਬ ਪੁੱਜਣ ਦੀ ਉਮੀਦ ਹੈ। ਕੇਂਦਰੀ ਟੀਮ ਪਟਿਆਲਾ, ਸੰਗਰੂਰ, ਮਾਨਸਾ, ਜਲੰਧਰ ਆਦਿ ਜ਼ਿਲ੍ਹਿਆਂ ਦਾ ਮੁਆਇਨਾ ਕਰੇਗੀ। ਮੁੱਖ ਸਕੱਤਰ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਹਿਮ ਗੱਲ ਇਹ ਹੈ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਲੰਮੇ ਸਮੇਂ ਤੋਂ ਸਰਗਰਮ ਰਹੀ ਹੈ। ਇਕ ਪਾਸੇ ਵਿਰੋਧੀ ਧਿਰ ਹੜ੍ਹਾਂ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਂਦੀ ਰਹੀ ਹੈ। ਉਧਰ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਹਨ ਕਿ ਉਹ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਭੀਖ ਨਹੀਂ ਮੰਗਣਗੇ। ਮੁੱਖ ਮੰਤਰੀ ਦੇ ਇਸ ਬਿਆਨ ਦੀ ਵਿਰੋਧੀ ਧਿਰ ਨੇ ਨਿਖੇਧੀ ਕੀਤੀ ਸੀ। ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤਿੰਨੇ ਪਾਰਟੀਆਂ ਨੇ ਇਸ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪੇ ਹਨ। ਉਧਰ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਹੋਏ ਨੁਕਸਾਨ ਦਾ ਅੰਦਾਜ਼ਾ ਲਾ ਕੇ ਇਕ ਮੁੱਢਲੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਿਕ ਰਾਜ ਵਿਚ ਤਕਰੀਬਨ 1285 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਜਾਣਕਾਰੀ ਅਨੁਸਾਰ ਕੇਂਦਰ ਨੇ ਆਪਣੀ ਟੀਮ ਪੰਜਾਬ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਕੇਂਦਰੀ ਟੀਮ ਮੰਗਲਵਾਰ ਤੱਕ ਪੰਜਾਬ ਆ ਸਕਦੀ ਹੈ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਨੁਕਸਾਨ ਦਾ ਅੰਦਾਜ਼ਾ ਲਾਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ 218.40 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ।