ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਵੇਂ ਸਰਕਾਰੀ ਸਕੂਲਾਂ ’ਚ ਅਧਿਆਪਕਾ ਦੀਆਂ ਪੋਸਟਾਂ ਨੂੰ ਭਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਸਰਹੱਦੀ ਬਲਾਕ ਕਲਾਨੌਰ ਤੇ ਡੇਰਾ ਬਾਬਾ ਨਾਨਕ ’ਚ ਕਈ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਪੋਸਟਾਂ ਖ਼ਾਲੀ ਹੋਣ ਕਾਰਨ ਇਕ-ਇਕ ਅਧਿਆਪਕ ਪੰਜ-ਪੰਜ ਕਲਾਸਾਂ ਨੂੰ ਪੜ੍ਹਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਬਲਾਕ ਕਲਾਨੌਰ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਲੋਪਾ, ਸਰਕਾਰੀ ਪ੍ਰਾਇਮਰੀ ਸਕੂਲ ਬੜੀਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਚੰਦੂ ਵਡਾਲਾ, ਸਰਕਾਰੀ ਪ੍ਰਾਇਮਰੀ ਸਕੂਲ ਜੀਓ ਜੁਲਾਈ, ਸਰਕਾਰੀ ਪ੍ਰਾਇਮਰੀ ਸਕੂਲ ਰੁਡਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਮਸਤਕੋਟ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਮੁਗਲਾ, ਸਰਕਾਰੀ ਪ੍ਰਾਇਮਰੀ ਸਕੂਲ ਰਹੀਮਾਬਾਦ, ਸਰਕਾਰੀ ਪ੍ਰਾਇਮਰੀ ਸਕੂਲ ਮੌੜ, ਸਰਕਾਰੀ ਪ੍ਰਾਇਮਰੀ ਸਕੂਲ ਕਮਾਲਪੁਰ ਜੱਟਾਂ ਵਿਚ ਇਕ-ਇਕ ਅਧਿਆਪਕ ਪ੍ਰਾਇਮਰੀ ਸਕੂਲ ਦੀਆਂ ਵੱਖ-ਵੱਖ ਪੰਜ ਕਲਾਸਾਂ ਨੂੰ ਵਿੱਦਿਆ ਗ੍ਰਹਿਣ ਕਰਵਾ ਕੇ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਹਨ।
ਇਸ ਸਬੰਧੀ ਪਿੰਡਾਂ ਦੇ ਪ੍ਰਾਇਮਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਜਿੱਥੇ ਉਹ ਪਹਿਲਾਂ ਹੀ ਸਮੇਂ-ਸਮੇਂ ’ਤੇ ਭਾਰਤ-ਪਾਕਿਸਤਾਨ ਦਰਮਿਆਨ ਹੋਈਆਂ ਜੰਗਾਂ, ਰਾਵੀ ਦਰਿਆ ਦੇ ਹੜ੍ਹਾਂ ਦੀ ਮਾਰ ਤੋਂ ਇਲਾਵਾ ਆਰਥਿਕ ਪੱਖੋਂ ਕਮਜ਼ੋਰ ਹਨ। ਉਥੇ ਉਹ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਉਹਨਾਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰਵਾ ਰਹੇ ਹਨ, ਪ੍ਰੰਤੂ ਅਫ਼ਸੋਸ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੋਣ ਕਾਰਨ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਖ਼ਾਲੀ ਪਈਆਂ ਪੋਸਟਾਂ ਨੂੰ ਤੁਰੰਤ ਭਰ ਕੇ ਅਧਿਆਪਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਹਨਾਂ ਦੇ ਬੱਚਿਆਂ ਦਾ ਭਵਿੱਖ ਉੱਜਵਲ ਬਣ ਸਕੇ।
ਖ਼ਾਲੀ ਪੋਸਟਾਂ ਸਬੰਧੀ ਵਿਭਾਗ ਨੂੰ ਕਰਵਾਇਆ ਜਾਣੂ : ਬੀਪੀਈਓ ਸੁਦੇਸ਼ ਕੁਮਾਰ ਖੰਨਾ
ਸਿੱਖਿਆ ਵਿਭਾਗ ਦੇ ਬਲਾਕ ਪ੍ਰਾਇਮਰੀ ਅਫ਼ਸਰ ਸੁਦੇਸ਼ ਖੰਨਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਪੋਸਟਾਂ ਸਬੰਧੀ ਸਮੇਂ-ਸਮੇਂ ’ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਅਧਿਆਪਕਾਂ ਦੀ ਨਵੀਂ ਭਰਤੀ ਉਪਰੰਤ ਸਕੂਲਾਂ ਦੀਆਂ ਖ਼ਾਲੀ ਪੋਸਟਾਂ ਭਰੀਆਂ ਜਾਣਗੀਆਂ।