ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ (9 ਸਤੰਬਰ) ਨੂੰ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਕਿਹਾ ਜਾ ਗਿਆ ਹੈ ਕਿ ਉਹਨਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।
ਉਨ੍ਹਾਂ ਅਜਿਹੀਆਂ ਅਫਵਾਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਅਫਵਾਹਾਂ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਪ੍ਰਤੀ ਵਚਨਬੱਧ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਹਨਾਂ ਕਿਹਾ, ‘ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਵੇਖਦੇ।’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸਿਧਾਂਤ ਹੈ ਕਿ ਜੋ ਫੈਸਲਾ ਇੱਕ ਵਾਰ ਲਿਆ ਗਿਆ ਹੈ, ਉਹ ਕਦੇ ਵਾਪਸ ਨਹੀਂ ਲਿਆ ਜਾਂਦਾ।