ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਕਮੇਟੀ ਦੇ ਤੱਤਕਾਲੀ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਲਿਆ ਹੈ।
ਜ਼ਿਕਰਯੋਗ ਹੈ ਕਿ ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਇਤਰਾਜ਼ ਉਠਾਏ ਜਾਣ ’ਤੇ ਆਪਸੀ ਵਿਵਾਦ ਪੈਦਾ ਹੋ ਗਿਆ ਸੀ। ਬਾਅਦ ’ਚ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਿਆ। ਐਤਵਾਰ ਨੂੰ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਚ ਹੋਈ ਆਪਸੀ ਤਕਰਾਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਿਹਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਇਸ ਮਾਮਲੇ ਦੀ ਜਾਂਚ ਸਬੰਧੀ ਵੀਰਵਾਰ ਨੂੰ ਹਰਿਆਣਾ ਦੇ ਗੁਰਦੁਆਰਾ ਪੰਜੋਖੜਾ ਸਾਹਿਬ ਪਹੁੰਚ ਰਹੀ ਹੈ। ਜਾਂਚ ਤੋਂ ਬਾਅਦ ਰਿਪੋਰਟ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਵਿਚਾਰੀ ਜਾਵੇਗੀ।