ਭਾਰਤ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਇਲਾਕਿਆਂ ਤੇ ਸੰਭਾਵੀ ਥਾਵਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਦਰਅਸਲ ਮੰਗਲਵਾਰ ਨੂੰ ਕੈਨੇਡਾ ਵੱਲੋਂ ਜਾਰੀ ਐਡਵਾਈਜ਼ਰੀ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਕੈਨੇਡਾ ‘ਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ‘ਚ ਚੱਲ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਜਾਂ ਉੱਥੇ ਗਏ ਨਾਗਰਿਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਅੱਗੇ ਕਿਹਾ ਗਿਆ ਹੈ ਕਿ ਹਾਲ ਹੀ ਦੇ ਸਮੇਂ ਵਿੱਚ ਇਹ ਦੇਖਿਆ ਗਿਆ ਹੈ ਕਿ ਕੈਨੇਡਾ ਵਿੱਚ ਮੌਜੂਦ ਭਾਰਤੀ ਡਿਪਲੋਮੈਟਾਂ ਤੇ ਭਾਰਤੀ ਭਾਈਚਾਰੇ ਦੇ ਇੱਕ ਖਾਸ ਵਰਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਉਹ ਲੋਕ ਹਨ ਜੋ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਦੇ ਹਨ।
ਐਡਵਾਈਜ਼ਰੀ ਮੁਤਾਬਕ ਇਸ ਸਥਿਤੀ ਦੇ ਮੱਦੇਨਜ਼ਰ ਅਸੀਂ ਆਪਣੇ ਨਾਗਰਿਕਾਂ ਨੂੰ ਉਨ੍ਹਾਂ ਇਲਾਕਿਆਂ ‘ਚ ਜਾਣ ਤੋਂ ਬਚਣ ਦੀ ਸਲਾਹ ਦਿੰਦੇ ਹਾਂ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਹੋਈਆਂ ਹਨ। ਸਾਡਾ ਹਾਈ ਕਮਿਸ਼ਨ ਤੇ ਕੌਂਸਲੇਟ ਜਨਰਲ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ।
ਇਸ ਦੇ ਨਾਲ ਹੀ ਕੈਨੇਡਾ ‘ਚ ਸੁਰੱਖਿਆ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਉਥੇ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਭਾਈਚਾਰਾ ਤੇ ਵਿਦਿਆਰਥੀ ਹਾਈ ਕਮਿਸ਼ਨ ਤੇ ਕੌਂਸਲੇਟ ਦੀਆਂ ਵੈੱਬਸਾਈਟਾਂ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਭਾਰਤੀ ਵਿਦਿਆਰਥੀਆਂ ਨੂੰ ਵਧੇਰੇ ਸਾਵਧਾਨ ਅਤੇ ਚੌਕਸ ਰਹਿਣ ਦੀ ਦਿੱਤੀ ਸਲਾਹ
ਵਿਦੇਸ਼ ਮੰਤਰਾਲੇ ਨੇ ਕਿਹਾ, ਸਾਡਾ ਹਾਈ ਕਮਿਸ਼ਨ/ਕੌਂਸਲੇਟ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹੇਗਾ। ਕੈਨੇਡਾ ਵਿੱਚ ਵਿਗੜਦੇ ਸੁਰੱਖਿਆ ਮਾਹੌਲ ਦੇ ਮੱਦੇਨਜ਼ਰ, ਖਾਸ ਤੌਰ ‘ਤੇ ਭਾਰਤੀ ਵਿਦਿਆਰਥੀਆਂ ਨੂੰ ਵਧੇਰੇ ਸਾਵਧਾਨ ਅਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸਬੰਧਤ ਵੈਬਸਾਈਟਾਂ, ਜਾਂ MADAD ਪੋਰਟਲ madad.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ। ਅਜਿਹੀ ਸਥਿਤੀ ਵਿੱਚ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਕਿਸੇ ਵੀ ਐਮਰਜੈਂਸੀ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰ ਸਕਣਗੇ।