ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਸ਼ਾਮਲ ਕੀਤਾ ਜਾਵੇਗਾ, ਤਾਂਕਿ ਇਸ ਨੂੰ ਦੇਸ਼ ਵਿੱਚ ਪ੍ਰਮੁੱਖ ਬਲ ਬਣਾਇਆ ਜਾ ਸਕੇ।
ਪੰਜਾਬ ਪੁਲਿਸ ਵਿੱਚ ਸਿੱਧੇ ਤੌਰ ‘ਤੇ ਭਰਤੀ ਹੋਏ 2999 ਕਾਂਸਟੇਬਲਾਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਬੈਚ ਦੀ ਪਾਸਿੰਗ ਆਊਟ ਪਰੇਡ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਢਾਲਣ ਦੀ ਦਿਸ਼ਾ ‘ਚ ਇਹ ਕਦਮ ਮੀਲ ਦਾ ਪੱਥਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਤਾਕਤਾਂ ਹਨ ਜੋ ਆਪਣੇ ਨਾਪਾਕ ਇਰਾਦਿਆਂ ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਅਜਿਹੀਆਂ ਤਾਕਤਾਂ ਦੇ ਨਾਪਾਕ ਯਤਨਾਂ ਨੂੰ ਹਮੇਸ਼ਾ ਕਾਮਯਾਬ ਨਹੀਂ ਹੋਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸੂਬੇ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨੂੰ ਅਪਣਾਉਣ ਦੀ ਲੋੜ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਉੱਚ ਪੇਸ਼ੇਵਰ ਪ੍ਰਤੀਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਮਹਾਨ ਪਰੰਪਰਾ ਨੂੰ ਕਾਇਮ ਰੱਖੇਗੀ।