Global News India News

ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇਆ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ।

ਮੰਤਰੀ ਅਮਨ ਅਰੋੜਾ ਦੇ ਭਣਵੱਈਏ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ-ਦੂਜੇ ਦੇ ਬਿਲਕੁਲ ਆਹਮੋ-ਸਾਹਮਣੇ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

Video